Skip to main content

thepunjabilink.com

ਸੁਲਤਾਨਪੁਰ ਲੋਧੀ/ਕਪੂਰਥਲਾ:

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਲਈ ਬਣੇ 1956 ਦੇ ਐਕਟ ਵਿੱਚ ਕਿਸੇ ਵੀ ਤਰ੍ਹਾਂ ਦੀ ਸੋਧ ਨਾ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਇੱਕ ਪੱਤਰ ਲਿਖਿਆ ਹੈ।

ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਸ਼ਾਹ ਕੋਲੋਂ ਦਖ਼ਲ ਦੀ ਕੀਤੀ ਮੰਗ

ਸੰਤ ਸੀਚੇਵਾਲ ਨੇ ਇਹ ਪੱਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਭੇਜ ਕੇ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਪੱਤਰ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਕਿ ਸਿੱਖਾਂ ਦੇ ਧਾਰਮਕ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਦੇਸ਼-ਵਿਦੇਸ਼ ਵਿੱਚ ਤਿੱਖੇ ਪ੍ਰਤੀਕਰਮ ਦੀ ਚੇਤਾਵਨੀ

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮਹਾਰਾਸ਼ਟਰ ਸਰਕਾਰ ਇਸ ਮਾਮਲੇ ਵਿੱਚ ਅੱਗੇ ਵਧਦੀ ਹੈ ਤਾਂ ਇਸ ਦਾ ਵਿਰੋਧ ਸਿਰਫ਼ ਮਹਾਰਾਸ਼ਟਰ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਦੇਸ਼-ਵਿਦੇਸ਼ ਵਿੱਚ ਵਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਤਿੱਖਾ ਪ੍ਰਤੀਕਰਮ ਸਾਹਮਣੇ ਆ ਸਕਦਾ ਹੈ, ਜਿਸਦਾ ਭਾਜਪਾ ਸਰਕਾਰ ਨੂੰ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਅਤੇ ਸੰਵੇਦਨਸ਼ੀਲ ਸੂਬਾ ਹੈ, ਜਿੱਥੇ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਅਮਨ-ਸ਼ਾਂਤੀ ਕਾਇਮ ਹੋਈ ਹੈ। ਇਸ ਲਈ ਸਰਕਾਰ ਨੂੰ ਅਜਿਹਾ ਕੋਈ ਵੀ ਕਦਮ ਨਹੀਂ ਚੁੱਕਣਾ ਚਾਹੀਦਾ ਜੋ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਮਾਹੌਲ ਨੂੰ ਪ੍ਰਭਾਵਿਤ ਕਰੇ।

ਸਿੱਖ ਕੌਮ ਆਪਣੇ ਧਾਰਮਕ ਅਦਾਰਿਆਂ ਦਾ ਪ੍ਰਬੰਧ ਕਰਨ ਦੇ ਖੁਦ ਯੋਗ

ਪੱਤਰ ਵਿੱਚ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਮਾਮਲਾ ਸਿੱਖ ਕੌਮ ਦੇ ਬੁਨਿਆਦੀ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਜੁੜਿਆ ਹੋਇਆ ਹੈ। ਸਿੱਖ ਕੌਮ ਆਪਣੀਆਂ ਧਾਰਮਕ ਸੰਸਥਾਵਾਂ ਦਾ ਪ੍ਰਬੰਧ ਖੁਦ ਕਰਨ ਦੇ ਯੋਗ ਹੈ ਅਤੇ ਇਸ ਵਿੱਚ ਕਿਸੇ ਵੀ ਸਰਕਾਰੀ ਦਖ਼ਲ ਦੀ ਲੋੜ ਨਹੀਂ ਹੈ।

ਉਨ੍ਹਾਂ ਯਾਦ ਦਵਾਇਆ ਕਿ:

  • ਜਦੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕਾਂ ਨੇ ਗੁਰਮਤਾ ਪਾਸ ਕਰ ਕੇ ਮਹਾਰਾਸ਼ਟਰ ਸਰਕਾਰ ਵੱਲੋਂ 1956 ਦੇ ਐਕਟ ਨੂੰ ਰੱਦ ਕਰਕੇ ਨਵਾਂ ਕਾਨੂੰਨ ਲਿਆਉਣ ਦੇ ਪ੍ਰਸਤਾਵ ਨੂੰ ਸਪੱਸ਼ਟ ਤੌਰ ‘ਤੇ ਰੱਦ ਕਰ ਦਿੱਤਾ ਹੈ, ਤਾਂ ਸਰਕਾਰ ਨੂੰ ਇਸ ਬਿੱਲ ਨੂੰ ਅੱਗੇ ਨਹੀਂ ਵਧਾਉਣਾ ਚਾਹੀਦਾ।
  • ਮਹਾਰਾਸ਼ਟਰ ਸਰਕਾਰ ਨੇ 2015 ਤੋਂ ਵੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਵਿੱਚ ਦਖ਼ਲ ਦੇ ਜਤਨ ਕੀਤੇ ਸਨ, ਜਿਸਦਾ ਸੰਗਤਾਂ ਨੇ ਹਮੇਸ਼ਾ ਡਟ ਕੇ ਵਿਰੋਧ ਕੀਤਾ।
  • ਫ਼ਰਵਰੀ 2024 ਵਿੱਚ ਮਹਾਰਾਸ਼ਟਰ ਸਰਕਾਰ ਇੱਕ ਅਜਿਹੀ ਸੋਧ ਲਿਆਉਣੀ ਚਾਹੁੰਦੀ ਸੀ ਜਿਸ ਤਹਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ 17 ਮੈਂਬਰੀ ਬੋਰਡ ਵਿੱਚੋਂ 12 ਮੈਂਬਰਾਂ ਅਤੇ ਪ੍ਰਧਾਨ ਨੂੰ ਸਿੱਧੇ ਤੌਰ ‘ਤੇ ਨਾਮਜ਼ਦ ਕਰਨ ਦਾ ਅਧਿਕਾਰ ਸਰਕਾਰ ਨੂੰ ਮਿਲ ਜਾਣਾ ਸੀ। ਸਿੱਖ ਸੰਗਤਾਂ ਅਤੇ ਧਾਰਮਕ ਸੰਸਥਾਵਾਂ ਦੇ ਤਿੱਖੇ ਵਿਰੋਧ ਕਾਰਨ ਸਰਕਾਰ ਨੂੰ ਉਹ ਪ੍ਰਸਤਾਵ ਵਾਪਸ ਲੈਣਾ ਪਿਆ ਸੀ।

ਕੁਰਬਾਨੀਆਂ ਅਤੇ ਸੇਵਾ ਦੀ ਮਿਸਾਲ:

ਸੰਤ ਸੀਚੇਵਾਲ ਨੇ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ ਭਾਰਤ ਦੀ ਆਜ਼ਾਦੀ ਲਈ ਸਿੱਖ ਕੌਮ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਹਰ ਸੂਬੇ ਵਿੱਚ ਸਿੱਖ ਗੁਰਧਾਮਾਂ ਦਾ ਪ੍ਰਬੰਧ ਸਿੱਖ ਕੌਮ ਹਮੇਸ਼ਾ ਖੁਦ ਕਰਦੀ ਆਈ ਹੈ। ਕੋਰੋਨਾ ਮਹਾਂਮਾਰੀ ਦੌਰਾਨ ਵੀ ਸਿੱਖ ਕੌਮ ਵੱਲੋਂ ਨਿਸ਼ਕਾਮ ਸੇਵਾ ਦੀ ਜੋ ਮਿਸਾਲ ਪੇਸ਼ ਕੀਤੀ ਗਈ, ਉਸ ਨੂੰ ਪੂਰੀ ਦੁਨੀਆਂ ਨੇ ਸਰਾਹਿਆ। ਸਿੱਖ ਕੌਮ ਇੱਕ ਦਾਨੀ ਕੌਮ ਵਜੋਂ ਜਾਣੀ ਜਾਂਦੀ ਹੈ, ਪਰ ਆਪਣੇ ਧਾਰਮਕ ਮਾਮਲਿਆਂ ‘ਚ ਦਖ਼ਲਅੰਦਾਜ਼ੀ ਕਦੇ ਬਰਦਾਸ਼ਤ ਨਹੀਂ ਕਰੇਗੀ।

SantSeechewal #TakhtSriHazurSahib #HazurSahibAct1956 #MaharashtraGovernment #SikhNews #PunjabNews