
ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਅਤੇ ਗਲਤ ਰਾਹਾਂ ਤੋਂ ਮੋੜ ਕੇ ਖੇਡ ਮੈਦਾਨਾਂ ਦੇ ਸ਼ਾਨਦਾਰ ਸਫ਼ਰ ਵੱਲ ਤੋਰਨ ਲਈ ਸੂਬਾ ਸਰਕਾਰ ਵੱਲੋਂ ਇੱਕ ਵੱਡੀ ਖੇਡ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪੰਜਾਬ ਦੇ ਨੌਜਵਾਨਾਂ ਅਤੇ ਖਿਡਾਰੀਆਂ ਲਈ ਇੱਕ ਵੱਡਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਖਿਡਾਰੀਆਂ ਦੀ ਸਹੂਲਤ ਅਤੇ ਉਨ੍ਹਾਂ ਨੂੰ ਕੌਮਾਂਤਰੀ ਪੱਧਰ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ 3100 ਆਧੁਨਿਕ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਉਮੀਦ ਜਤਾਈ ਕਿ ਇਹ ਹਾਈਟੈਕ ਮੈਦਾਨ ਪੰਜਾਬ ਦੀ ਜਵਾਨੀ ਨੂੰ ਇੱਕ ਨਵੀਂ ਅਤੇ ਸਕਾਰਾਤਮਕ ਦਿਸ਼ਾ ਦੇਣ ਵਿੱਚ ਮੀਲ ਦਾ ਪੱਥਰ ਸਾਬਤ ਹੋਣਗੇ।
ਪਿੰਡਾਂ ਅਤੇ ਸ਼ਹਿਰਾਂ ਵਿੱਚ ਬਦਲੇਗਾ ਖੇਡਾਂ ਦਾ ਮੁਹਾਂਦਰਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਅਤੇ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣਾ ਹੈ। ਇਹ 3100 ਆਧੁਨਿਕ ਖੇਡ ਮੈਦਾਨ ਪਿੰਡਾਂ ਅਤੇ ਸ਼ਹਿਰਾਂ ਦੇ ਹਰ ਵਰਗ ਦੇ ਖਿਡਾਰੀਆਂ ਨੂੰ ਬਰਾਬਰ ਸਹੂਲਤਾਂ ਪ੍ਰਦਾਨ ਕਰਨਗੇ, ਤਾਂ ਜੋ ਜ਼ਮੀਨੀ ਪੱਧਰ (Grassroot level) ਤੋਂ ਵਧੀਆ ਪ੍ਰਤਿਭਾ ਸਾਹਮਣੇ ਆ ਸਕੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਵੱਡੇ ਟੂਰਨਾਮੈਂਟ ਕਰਵਾ ਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਹੁਣ ਇਨ੍ਹਾਂ 3100 ਨਵੇਂ ਮੈਦਾਨਾਂ ਦੇ ਬਣਨ ਨਾਲ ਪੰਜਾਬ ਦੇ ਖਿਡਾਰੀਆਂ ਨੂੰ ਅਭਿਆਸ ਕਰਨ ਲਈ ਹਾਈਟੈਕ ਸਹੂਲਤਾਂ ਘਰ ਦੇ ਨੇੜੇ ਹੀ ਮਿਲ ਸਕਣਗੀਆਂ।