
ਕੇਂਦਰੀ ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਸਰਦਾਰ ਰਵਨੀਤ ਸਿੰਘ ਬਿੱਟੂ ਨੇ ਅੱਜ ਇੱਕ ਪ੍ਰੈੱਸ ਬਿਆਨ ਜਾਰੀ ਕਰਕੇ ਵਿਵਾਦਾਂ ਵਿੱਚ ਘਿਰੀ ਫ਼ਿਲਮ ‘ਸਤਲੁਜ’ ਦੇ ਨਿਰਮਾਤਾ ਅਤੇ ਨਿਰਦੇਸ਼ਕ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਸ੍ਰੀ ਬਿੱਟੂ ਨੇ ਫ਼ਿਲਮ ਵਿੱਚ ਦਿਖਾਏ ਗਏ 25,000 ਲਾਪਤਾ ਜਾਂ ਗੈਰ-ਕਾਨੂੰਨੀ ਤਰੀਕੇ ਨਾਲ ਸਸਕਾਰ ਕੀਤੇ ਗਏ ਲੋਕਾਂ ਦੇ ਅੰਕੜਿਆਂ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਇਸ ਦੇ ਦਸਤਾਵੇਜ਼ੀ ਸਬੂਤ ਜਨਤਕ ਕਰਨ ਦੀ ਮੰਗ ਕੀਤੀ ਹੈ।
“ਜੇਕਰ ਅੰਕੜਾ ਸਹੀ ਸਾਬਤ ਹੋਇਆ ਤਾਂ ਜਨਤਕ ਤੌਰ ‘ਤੇ ਮਾਫ਼ੀ ਮੰਗਾਂਗਾ”
ਕੇਂਦਰੀ ਮੰਤਰੀ ਨੇ ਕਿਹਾ, “ਮੈਂ ‘ਸਤਲੁਜ’ ਫ਼ਿਲਮ ਦੇ ਨਿਰਮਾਤਾ ਅਤੇ ਨਿਰਦੇਸ਼ਕ ਨੂੰ ਖੁੱਲ੍ਹੀ ਚੁਣੌਤੀ ਦਿੰਦਾ ਹਾਂ ਕਿ ਉਹ ਪੰਜਾਬ ਦੀ ਜਨਤਾ ਸਾਹਮਣੇ ਉਹ ਸਾਰੇ ਦਸਤਾਵੇਜ਼ੀ ਸਬੂਤ, ਸਰਕਾਰੀ ਰਿਕਾਰਡ, ਨਿਆਂਇਕ ਨਤੀਜੇ ਅਤੇ ਪ੍ਰਮਾਣਿਤ ਅੰਕੜੇ ਪੇਸ਼ ਕਰਨ, ਜਿਨ੍ਹਾਂ ਦੇ ਆਧਾਰ ’ਤੇ ਫ਼ਿਲਮ ਵਿੱਚ ਇਹ ਦਾਅਵਾ ਕੀਤਾ ਗਿਆ ਹੈ। ਜੇਕਰ ਉਹ ਇਸ ਅੰਕੜੇ ਨੂੰ ਪ੍ਰਮਾਣਿਤ ਕਰ ਦਿੰਦੇ ਹਨ ਤਾਂ ਮੈਂ ਜਨਤਕ ਤੌਰ ’ਤੇ ਮਾਫ਼ੀ ਮੰਗਾਂਗਾ। ਨਹੀਂ ਤਾਂ, ਅਸੀਂ ਅਗਲਾ ਕਦਮ ਚੁੱਕਣ ਲਈ ਮਜਬੂਰ ਹੋਵਾਂਗੇ।”
ਫ਼ਿਲਮ ‘ਤੇ ਲੱਗੇ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਦੋਸ਼
ਸ੍ਰੀ ਬਿੱਟੂ ਨੇ ਕਿਹਾ ਕਿ “ਰਚਨਾਤਮਕ ਆਜ਼ਾਦੀ” ਦੀ ਆੜ ਹੇਠ ਵਿਵਾਦਿਤ ਦਾਵਿਆਂ ਨੂੰ ਸਥਾਪਿਤ ਇਤਿਹਾਸ ਵਜੋਂ ਪੇਸ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਵਾਲ ਚੁੱਕੇ ਕਿ:
- ਜੇਕਰ ਇਹ ਅੰਕੜਾ ਸਿਰਫ਼ ਇੱਕ ਅੰਦਾਜ਼ੇ ਜਾਂ ਦੋਸ਼ ’ਤੇ ਆਧਾਰਿਤ ਹੈ, ਤਾਂ ਇਸ ਨੂੰ ਨਿਰਵਿਵਾਦ ਇਤਿਹਾਸਕ ਸੱਚ ਵਜੋਂ ਕਿਉਂ ਦਿਖਾਇਆ ਗਿਆ?
- ਦਰਸ਼ਕਾਂ ਨੂੰ ਇਹ ਕਿਉਂ ਨਹੀਂ ਦੱਸਿਆ ਗਿਆ ਕਿ ਇਸ ਗਿਣਤੀ ਦੀ ਪੁਸ਼ਟੀ ਕਿਸੇ ਅੰਤਿਮ ਨਿਆਂਇਕ ਫ਼ੈਸਲੇ ਰਾਹੀਂ ਨਹੀਂ ਹੋਈ?
‘ਪੰਜਾਬ ਦੇ ਅੱਤਵਾਦ ਦੇ ਦੌਰ ਨੂੰ ਇਕਪੱਖੀ ਢੰਗ ਨਾਲ ਦਿਖਾਇਆ’
ਕੇਂਦਰੀ ਮੰਤਰੀ ਨੇ ਫ਼ਿਲਮ ਦੀ ਕਹਾਣੀ ‘ਤੇ ਪੱਖਪਾਤੀ ਹੋਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਵਿੱਚ ਦੂਜੇ ਪੱਖ ਦੇ ਪੀੜਤਾਂ ਦੇ ਦਰਦ ਨੂੰ ਪੂਰੀ ਤਰ੍ਹਾਂ ਅੱਖੋਂ-ਪਰੋਖੇ ਕੀਤਾ ਗਿਆ ਹੈ। ਉਨ੍ਹਾਂ ਹੇਠ ਲਿਖੇ ਅਹਿਮ ਸਵਾਲ ਖੜ੍ਹੇ ਕੀਤੇ:
- ਅੱਤਵਾਦੀਆਂ ਦੇ ਹੱਥੋਂ ਮਾਰੇ ਗਏ ਬੇਕਸੂਰ ਹਿੰਦੂਆਂ, ਬੱਸ ਯਾਤਰੀਆਂ, ਦੁਕਾਨਦਾਰਾਂ, ਸਰਕਾਰੀ ਕਰਮਚਾਰੀਆਂ ਅਤੇ ਮਜ਼ਦੂਰਾਂ ਦੇ ਕਤਲੇਆਮ ਨੂੰ ਉਸੇ ਗੰਭੀਰਤਾ ਨਾਲ ਕਿਉਂ ਨਹੀਂ ਦਰਸਾਇਆ ਗਿਆ?
- ਪੰਜਾਬ ਪੁਲਿਸ, ਸੁਰੱਖਿਆ ਬਲਾਂ ਅਤੇ ਅੱਤਵਾਦ ਦੇ ਖ਼ਿਲਾਫ਼ ਲੜਦਿਆਂ ਸ਼ਹੀਦ ਹੋਣ ਵਾਲੇ ਹਜ਼ਾਰਾਂ ਬਹਾਦਰ ਪੁਲਿਸ ਮੁਲਾਜ਼ਮਾਂ ਦੇ ਬਲਿਦਾਨ ਨੂੰ ਘੱਟ ਕਰਕੇ ਕਿਉਂ ਦਿਖਾਇਆ ਗਿਆ?
- ਅੱਤਵਾਦ ਕਾਰਨ ਤਬਾਹ ਹੋਏ ਹਜ਼ਾਰਾਂ ਪਰਿਵਾਰਾਂ ਦੀ ਪੀੜਾ ਨੂੰ ਕਹਾਣੀ ਵਿੱਚੋਂ ਲਗਭਗ ਗਾਇਬ ਕਿਉਂ ਕਰ ਦਿੱਤਾ ਗਿਆ?
“ਪੰਜਾਬ ਦਾ ਇਤਿਹਾਸ ਚੋਣਵੀਆਂ ਕਹਾਣੀਆਂ ਦੇ ਆਧਾਰ ’ਤੇ ਦੁਬਾਰਾ ਨਹੀਂ ਲਿਖਿਆ ਜਾ ਸਕਦਾ। ਸੱਚ ਨੂੰ ਪ੍ਰਚਾਰ ’ਤੇ, ਤੱਥਾਂ ਨੂੰ ਕਲਪਨਾ ’ਤੇ ਅਤੇ ਸਬੂਤਾਂ ਨੂੰ ਭਾਵਨਾਵਾਂ ’ਤੇ ਹਮੇਸ਼ਾ ਤਰਜੀਹ ਮਿਲਣੀ ਚਾਹੀਦੀ ਹੈ।” — ਸਰਦਾਰ ਰਵਨੀਤ ਸਿੰਘ ਬਿੱਟੂ
ਦਿੱਤੀ ਉਚਿਤ ਸਮਾਂ-ਸੀਮਾ, ਕਾਨੂੰਨੀ ਕਾਰਵਾਈ ਦੀ ਚੇਤਾਵਨੀ
ਰਵਨੀਤ ਸਿੰਘ ਬਿੱਟੂ ਨੇ ‘ਸਤਲੁਜ’ ਦੇ ਨਿਰਮਾਤਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਇੱਕ ਉਚਿਤ ਸਮਾਂ-ਸੀਮਾ ਦੇ ਅੰਦਰ 25,000 ਦੇ ਅੰਕੜੇ ਦਾ ਪੂਰਾ ਦਸਤਾਵੇਜ਼ੀ ਆਧਾਰ ਜਨਤਕ ਕਰਨ।
ਉਨ੍ਹਾਂ ਸਪੱਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਨਿਰਮਾਤਾ ਆਪਣੇ ਦਾਅਵੇ ਨੂੰ ਸਾਬਤ ਕਰਨ ਵਿੱਚ ਅਸਫਲ ਰਹਿੰਦੇ ਹਨ, ਤਾਂ ਉਹ ਜਨਤਾ ਸਾਹਮਣੇ ਸਪੱਸ਼ਟ ਕਰਨ ਕਿ ਇਹ ਗਿਣਤੀ ਅਧਿਕਾਰਕ ਤੌਰ ‘ਤੇ ਪ੍ਰਮਾਣਿਤ ਨਹੀਂ ਹੈ। ਅਜਿਹਾ ਨਾ ਕਰਨ ਦੀ ਸੂਰਤ ਵਿੱਚ, ਇਤਿਹਾਸ ਨੂੰ ਤੱਥਾਂ ਦੇ ਉਲਟ ਪੇਸ਼ ਹੋਣ ਤੋਂ ਰੋਕਣ ਲਈ ਸਾਰੇ ਉਪਲਬਧ ਸੰਵਿਧਾਨਕ ਅਤੇ ਕਾਨੂੰਨੀ ਵਿਕਲਪਾਂ ਦੀ ਵਰਤੋਂ ਕੀਤੀ ਜਾਵੇਗੀ।
RavneetBittu #SatlujMovie #PunjabNews #SatlujMovieControversy #PunjabHistory