Skip to main content

thepunjabilink.com

ਅੰਮ੍ਰਿਤਸਰ: ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਸਥਿਤ ਗੁਰਦੁਆਰਾ ਸਾਹਿਬ ‘ਤੇ ਹੋਏ ਹਮਲੇ ਦੀ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਸ ਘਟਨਾ ‘ਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਕੈਨੇਡਾ ਦੀ ਸਥਾਨਕ ਸੰਗਤ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਇਸ ਮਾਮਲੇ ਦੀ ਪੂਰੀ ਡੂੰਘਾਈ ਨਾਲ ਜਾਂਚ ਕਰਕੇ ਅਸਲ ਤੱਥ ਸਾਹਮਣੇ ਲਿਆਂਦੇ ਜਾਣਗੇ।

ਭਾਈ ਗਰੇਵਾਲ ਨੇ ਆਖਿਆ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕੈਨੇਡਾ ਸਮੇਤ ਹੋਰਨਾਂ ਵੱਖ-ਵੱਖ ਦੇਸ਼ਾਂ ਵਿੱਚ ਪੜ੍ਹਾਈ ਅਤੇ ਰੋਜ਼ਗਾਰ ਲਈ ਗਏ ਭਾਰਤੀ ਤੇ ਪੰਜਾਬੀ ਨੌਜਵਾਨਾਂ ‘ਤੇ ਜਾਨਲੇਵਾ ਹਮਲੇ ਹੋਣ ਦੀਆਂ ਕਈ ਦੁਖਦਾਈ ਘਟਨਾਵਾਂ ਵਾਪਰ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ SGPC ਹਮੇਸ਼ਾ ਹੀ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਅਤੇ ਧਾਰਮਿਕ ਅਸਥਾਨਾਂ ‘ਤੇ ਹੁੰਦੇ ਅਜਿਹੇ ਹਮਲਿਆਂ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕਰਦੀ ਆਈ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਬੰਧਿਤ ਦੇਸ਼ਾਂ ਦੀਆਂ ਸਰਕਾਰਾਂ ਅਤੇ ਰਾਜਦੂਤਾਂ ਨੂੰ ਪੱਤਰ ਜਾਰੀ ਕਰਕੇ ਅਜਿਹੇ ਮਾਮਲਿਆਂ ਵਿੱਚ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਪੀੜਤਾਂ ਲਈ ਇਨਸਾਫ਼ ਦੀ ਮੰਗ ਕੀਤੀ ਜਾਂਦੀ ਹੈ। ਗੁਰੂ ਘਰਾਂ ਦੀ ਮਰਿਆਦਾ ਅਤੇ ਸੂਚਨਾ ਪ੍ਰਬੰਧ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਚਾਹੇ ਗੁਰਦੁਆਰਾ ਸਾਹਿਬਾਨ ਇੱਥੇ ਹੋਣ ਜਾਂ ਵਿਦੇਸ਼ਾਂ ਵਿੱਚ, ਉੱਥੋਂ ਦੀ ਸਥਾਨਕ ਭਾਸ਼ਾ ਅਤੇ ਨਿਯਮਾਂ ਮੁਤਾਬਕ ਹੀ ਸਾਰੀ ਜਾਣਕਾਰੀ ਅਤੇ ਮਰਿਆਦਾ ਬਾਰੇ ਲਿਖ ਕੇ ਲਗਾਇਆ ਜਾਂਦਾ ਹੈ, ਪਰ ਕੁਝ ਸ਼ਰਾਰਤੀ ਅਨਸਰ ਆਪਣੀ ਮਾੜੀ ਮਨਸ਼ਾ ਤਹਿਤ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ।

#Canada #Edmonton #GurdwaraAttack #SGPC #GurcharanSinghGrewal #SikhNews #PunjabNews #PunjabiNews #PublicTimes #CanadaSikhs #NRI Punjabi