
ਅੰਮ੍ਰਿਤਸਰ ਵਿੱਚ ਰੇਲਵੇ ਟਰੈਕ ’ਤੇ ਕਥਿਤ ਤੌਰ ’ਤੇ ਸ਼ਰਾਬੀ ਹਾਲਤ ਵਿੱਚ ਗੱਡੀ ਖੜ੍ਹੀ ਕਰਨ ਵਾਲੇ ਪੁਲਿਸ ਮੁਲਾਜ਼ਮ ਖ਼ਿਲਾਫ਼ ਪੁਲਿਸ ਵਿਭਾਗ ਵੱਲੋਂ ਸਖ਼ਤ ਐਕਸ਼ਨ ਲਿਆ ਗਿਆ ਹੈ। ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਤੁਰੰਤ ਕਾਰਵਾਈ ਕੀਤੀ ਹੈ।
ਦੱਸਣਯੋਗ ਹੈ ਕਿ ਪਿਛਲੇ ਦਿਨ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਸੀ, ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਵੱਲੋਂ ਸ਼ਰਾਬ ਦੇ ਨਸ਼ੇ ਵਿੱਚ ਰੇਲਵੇ ਟਰੈਕ ’ਤੇ ਗੱਡੀ ਖੜ੍ਹੀ ਕੀਤੀ ਦਿਖਾਈ ਦੇ ਰਹੀ ਸੀ। ਇਸ ਘਟਨਾ ਨਾਲ ਰੇਲ ਆਵਾਜਾਈ ਅਤੇ ਵੱਡਾ ਹਾਦਸਾ ਹੋਣ ਦਾ ਖ਼ਤਰਾ ਬਣ ਗਿਆ ਸੀ।
ਏਡੀਸੀਪੀ ਟ੍ਰੈਫਿਕ ਦਾ ਬਿਆਨ: ਅੰਮ੍ਰਿਤਸਰ ਟ੍ਰੈਫਿਕ ਪੁਲਿਸ ਦੀ ਏਡੀਸੀਪੀ ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੀਡੀਓ ਦਾ ਸੰਗਿਆਨ ਲੈਂਦਿਆਂ ਸਬੰਧਤ ASI ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ ਮੁਲਾਜ਼ਮ ਦਾ ਮੈਡੀਕਲ ਵੀ ਕਰਵਾਇਆ ਗਿਆ ਹੈ। ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਉਸ ਦੇ ਆਧਾਰ ’ਤੇ ਅਗਲੇਰੀ ਵਿਭਾਗੀ ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।