
ਪੰਜਾਬ ਦੇ ਪਿੰਡ ਮੱਖਣਵਿੰਡੀ ਨਾਲ ਸੰਬੰਧਿਤ ਐਥਲੀਟ ਉਪਿੰਦਰਬੀਰ ਸਿੰਘ ਸਿੱਧੂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭਾਰਤ ਲਈ ਚਾਂਦੀ ਦਾ ਤਗਮਾ ਜਿੱਤਿਆ ਹੈ। ਮਲੇਸ਼ੀਆ ਵਿੱਚ ਆਯੋਜਿਤ 38ਵੀਂ ਮਲੇਸ਼ੀਅਨ ਇੰਟਰਨੈਸ਼ਨਲ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਦੇ ਉੱਚੀ ਛਾਲ (ਹਾਈ ਜੰਪ) ਮੁਕਾਬਲੇ ਵਿੱਚ ਉਨ੍ਹਾਂ ਨੇ ਦੂਜਾ ਸਥਾਨ ਹਾਸਲ ਕਰਕੇ ਦੇਸ਼ ਅਤੇ ਪੰਜਾਬ ਦਾ ਮਾਣ ਵਧਾਇਆ ਹੈ।
ਜੀਵਨ ਆਸ ਫਾਊਂਡੇਸ਼ਨ ਦੇ ਪ੍ਰਬੰਧਕੀ ਨਿਰਦੇਸ਼ਕ ਉਪਿੰਦਰਬੀਰ ਸਿੰਘ ਸਿੱਧੂ ਨੇ 40 ਸਾਲ ਤੋਂ ਵੱਧ ਉਮਰ ਵਰਗ ਦੇ ਹਾਈ ਜੰਪ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਆਪਣੇ ਨਾਮ ਕੀਤਾ। ਉਨ੍ਹਾਂ ਦੀ ਇਸ ਉਪਲਬਧੀ ਨੂੰ ਖੇਡ ਜਗਤ ਵਿੱਚ ਵੱਡੀ ਕਾਮਯਾਬੀ ਵਜੋਂ ਦੇਖਿਆ ਜਾ ਰਿਹਾ ਹੈ।
ਇਸ ਪ੍ਰਾਪਤੀ ਤੋਂ ਬਾਅਦ ਹੁਣ ਸਿੱਧੂ ਨਵੰਬਰ ਮਹੀਨੇ ਵਿੱਚ ਆਸਟਰੇਲੀਆ ਦੇ ਗੋਲਡ ਕੋਸਟ ਵਿੱਚ ਹੋਣ ਵਾਲੀਆਂ ਪੈਨ ਪੈਸੀਫਿਕ ਮਾਸਟਰਜ਼ ਗੇਮਜ਼ ਵਿੱਚ ਭਾਰਤ ਦੀ ਨੁਮਾਇੰਦਗੀ ਕਰਨਗੇ।
ਉਪਿੰਦਰਬੀਰ ਸਿੰਘ ਸਿੱਧੂ ਇਸ ਤੋਂ ਪਹਿਲਾਂ ਵੀ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਨੇ ਖੇਲੋ ਨੈਸ਼ਨਲ ਮਾਸਟਰਜ਼, ਫਿੱਟ ਇੰਡੀਆ ਮਾਸਟਰ ਅਤੇ ਵਨ ਹੈਲਥ ਐਥਲੈਟਿਕਸ ਮੀਟ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਸੋਨੇ ਅਤੇ ਕਾਂਸੇ ਦੇ ਤਗਮੇ ਹਾਸਲ ਕੀਤੇ ਸਨ। ਸਾਲ 2025 ਵਿੱਚ ਉਹ 23ਵੀਂ ਏਸ਼ੀਆ ਮਾਸਟਰਜ਼ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦਾ ਹਿੱਸਾ ਵੀ ਰਹਿ ਚੁੱਕੇ ਹਨ।
ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਜੀਵਨ ਆਸ ਫਾਊਂਡੇਸ਼ਨ 2018 ਤੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਕੰਮ ਕਰ ਰਹੀ ਹੈ।
ਉਨ੍ਹਾਂ ਦੀ ਇਸ ਕਾਮਯਾਬੀ ‘ਤੇ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਖੇਡ ਪ੍ਰੇਮੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।