
ਚੰਡੀਗੜ੍ਹ/ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਹਲਚਲ ਤੇਜ਼ ਹੋ ਗਈ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਦੇ ਘਰ ਦਸਤਕ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਈਡੀ ਦੀ ਟੀਮ ਅੱਜ ਸਵੇਰੇ ਚੰਡੀਗੜ੍ਹ ਦੇ ਸੈਕਟਰ-2 ਸਥਿਤ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਪਹੁੰਚੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਕੀ ਹੈ ਪੂਰਾ ਮਾਮਲਾ? ਸੂਤਰਾਂ ਮੁਤਾਬਕ ਇਹ ਕਾਰਵਾਈ ਮਨੀ ਲਾਂਡਰਿੰਗ (Money Laundering) ਨਾਲ ਜੁੜੇ ਇੱਕ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਵੱਲੋਂ ਸੰਜੀਵ ਅਰੋੜਾ ਨਾਲ ਜੁੜੇ ਹੋਰਨਾਂ ਟਿਕਾਣਿਆਂ ‘ਤੇ ਵੀ ਤਲਾਸ਼ੀ ਲਈ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਸੰਜੀਵ ਅਰੋੜਾ ਦੇ ਟਿਕਾਣਿਆਂ ‘ਤੇ ਜਾਂਚ ਏਜੰਸੀਆਂ ਵੱਲੋਂ ਕਾਰਵਾਈ ਕੀਤੀ ਜਾ ਚੁੱਕੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਧਿਆ ਨਿਸ਼ਾਨਾ ਇਸ ਛਾਪੇਮਾਰੀ ‘ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਅਤੇ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਵਿਰੋਧੀ ਧਿਰਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਾਨ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਇਹ ਕਾਰਵਾਈ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕੀਤੀ ਗਈ ਹੈ ਅਤੇ ਪੰਜਾਬ ਦੀ ਜਨਤਾ ਸਭ ਦੇਖ ਰਹੀ ਹੈ।
ਸੰਜੀਵ ਅਰੋੜਾ ਦਾ ਪੱਖ: ਹਾਲਾਂਕਿ ਇਸ ਛਾਪੇਮਾਰੀ ਦੌਰਾਨ ਸੰਜੀਵ ਅਰੋੜਾ ਵੱਲੋਂ ਅਜੇ ਕੋਈ ਵਿਸਥਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ, ਪਰ ਪਹਿਲਾਂ ਵੀ ਉਹ ਕਹਿ ਚੁੱਕੇ ਹਨ ਕਿ ਉਹ ਇੱਕ ਕਾਨੂੰਨ ਪਾਲਣ ਵਾਲੇ ਨਾਗਰਿਕ ਹਨ ਅਤੇ ਜਾਂਚ ਏਜੰਸੀਆਂ ਦਾ ਪੂਰਾ ਸਹਿਯੋਗ ਕਰਨਗੇ।
ਦੱਸ ਦੇਈਏ ਕਿ ਸੰਜੀਵ ਅਰੋੜਾ ਲੁਧਿਆਣਾ ਤੋਂ ਰਾਜ ਸਭਾ ਮੈਂਬਰ ਰਹੇ ਹਨ ਅਤੇ ਮੌਜੂਦਾ ਸਮੇਂ ਵਿੱਚ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਈਡੀ ਦੀ ਇਹ ਕਾਰਵਾਈ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੀ ਸਿਆਸਤ ਵਿੱਚ ਵੱਡਾ ਮੋੜ ਲਿਆ ਸਕਦੀ ਹੈ।
SanjeevArora #EDRaid #PunjabPolitics #EnforcementDirectorate #ChandigarhNews #AamAadmiParty #BhagwantMann #PunjabBreaking